ਤਾਜਾ ਖਬਰਾਂ
ਫ਼ਿਰੋਜ਼ਪੁਰ ਜ਼ਿਲ੍ਹੇ ਦੇ ਦੋ ਫਰਿਸ਼ਤੇ ਸਨਮਾਨਿਤ
ਫ਼ਿਰੋਜ਼ਪੁਰ, 12 ਜਨਵਰੀ (ਬਾਲ ਕਿਸ਼ਨ)– ਮੁੱਖ ਮੰਤਰੀ ਪੰਜਾਬ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫ਼ਿਰੋਜ਼ਪੁਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ ‘ਗੋਲਡਨ ਆਵਰ’ ਸਮੇਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਡਾਕਟਰੀ ਇਲਾਜ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ 6 ਸਰਕਾਰੀ ਹਸਪਤਾਲਾਂ ਤੋਂ ਇਲਾਵਾ 8 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ’ਚ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਡਾ. ਗੁਰਮੇਜ ਰਾਮ, ਡਿਪਟੀ ਮੈਡੀਕਲ ਕਮਿਸ਼ਨਰ ਫਿਰੋਜ਼ਪੁਰ ਨੇ ਦੱਸਿਆ ਕਿ ਸੜਕ ਹਾਦਸੇ ਦੇ ਇਲਾਜ ਲਈ ਹਸਪਤਾਲ ਵਿੱਚ ਲਿਜਾਣ ਵਾਲੇ ਵਿਅਕਤੀ ਨੂੰ ਸਰਕਾਰ ਵੱਲੋਂ ਫ਼ਰਿਸ਼ਤੇ ਦੇ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਂਦਾ ਹੈ। ਹਸਪਤਾਲ ਲਿਜਾਣ ਵਾਲੇ ਵਿਅਕਤੀ ਤੋਂ ਪੁਲਿਸ ਵੱਲੋਂ ਉਦੋਂ ਤੱਕ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਾਂ ਰੱਖਦਾ ਹੋਵੇ। ਮਰੀਜ਼ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ ਫਰਿਸ਼ਤੇ ਸਰਟੀਫਿਕੇਟ ਅਤੇ ਦੋ ਹਜ਼ਾਰ ਰੁਪਏ ਦੇ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਸੰਜੀਵ ਸ਼ਰਮਾ ਜ਼ਿਲ੍ਹਾ ਮਾਸ ਮੀਡੀਆ ਅਫਸਰ, ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਦੋ ਫਰਿਸਤਿਆਂ ਗੁਰਨੈਬ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਖਲਚੀਆਂ ਕਦੀਮ ਅਤੇ ਸੁਖਚੈਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਯਾਰੇ ਸ਼ਾਹ ਵਾਲਾ ਵਲੋਂ ਸੜਕ ਦੁਰਘਟਨਾ ਦੌਰਾਨ ਮਰੀਜਾਂ ਨੂੰ ਚੁੱਕ ਕੇ ਨੇੜੇ ਦੇ ਹਸਪਤਾਲਾਂ ਵਿੱਚ ਭਰਤੀ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਗਈਆਂ। ਅਜ਼ਾਦੀ ਦਿਵਸ ਸਮਾਰੋਹ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਇਨ੍ਹਾਂ ਦੋਵਾਂ ਫਰਿਸ਼ਤਿਆਂ ਨੂੰ ਪ੍ਰਸੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਫ਼ਰਿਸ਼ਤੇ ਸਕੀਮ ਅਧੀਨ ਪੰਜਾਬ ਦੇ ਸਮੂਹ ਇੰਪੈਨਲਡ ਹਸਪਤਾਲਾਂ ਦੀ ਸੂਚੀ ਵਿਭਾਗ ਦੀ ਵੈਬਸਾਈਟ ’ਤੇ ਉਪਲਬੱਧ ਹੈ। ਦੁਰਘਟਨਾ ਸਮੇਂ ਰਾਜ ਮਾਰਗਾਂ ’ਤੇ ਜਲਦੀ ਡਾਕਟਰੀ ਇਲਾਜ ਦੇਣ ਲਈ ਨੇੜੇ ਦੇ ਹਸਪਤਾਲਾਂ ਨੂੰ ਰਜਿਸਟਰ ਕੀਤਾ ਗਿਆ ਹੈ ਤਾਂ ਕਿ ਦੁਰਘਟਨਾ ਦੇ ਸ਼ਿਕਾਰ ਵਿਆਕਤੀ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ ਹੇਠ ਡਿਪਟੀ ਮੈਡੀਕਲ ਕਮਿਸ਼ਨਰ ਗੁਰਮੇਜ ਰਾਮ ਗੁਰਾਇਆ ਅਤੇ ਆਯੂਸ਼ਮਾਨ ਭਾਰਤ ਦੀ ਟੀਮ ਰਵਿੰਦਰ ਕੁਮਾਰ ਜ਼ਿਲ੍ਹਾ ਕੋਆਰਡੀਨੇਟਰ, ਗੁਰਪ੍ਰੀਤ ਕੌਰ ਮੈਡੀਕਲ ਅਫਸਰ, ਜਤਿੰਦਰ ਸਿੰਘ ਸ਼ਿਕਾਇਤ ਅਫਸਰ ਫਿਰੋਜ਼ਪੁਰ ਵੱਲੋਂ ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ, ਤਾਂ ਕਿ ਸੜਕ ਦੁਰਘਟਨਾਵਾਂ ਵਾਲੇ ਮਰੀਜ਼ਾਂ ਅਤੇ ਆਮ ਜਨਤਾ ਨੂੰ ਸਕੀਮ ਨਾਲ ਵੱਧ ਤੋਂ ਵੱਧ ਜੋੜਿਆ ਜਾ ਸਕੇ।
Get all latest content delivered to your email a few times a month.